ਖਾਸ ਖਬਰਾਂ

26 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ ਕਾਲੇ ਝੰਡੇ ਲੈ ਕੇ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕਰਾਂਗੇ: ਦਲ ਖਾਲਸਾ

January 7, 2021 | By

ਅੰਮ੍ਰਿਤਸਰ – ਦਲ ਖਾਲਸਾ ਨੇ ਕਿਸਾਨ ਸੰਗਠਨਾਂ ਵੱਲੋਂ ਲੋਹੜੀ ਅਤੇ 26 ਜਨਵਰੀ ਮੌਕੇ ਦਿੱਤੇ ਵਿਰੋਧ ਪ੍ਰੋਗਰਾਮਾਂ ਦਾ ਸਮਰਥਨ ਕਰਦਿਆਂ ਐਲਾਨ ਕੀਤਾ ਕਿ ਉਹਨਾਂ ਦੇ ਕਾਰਜ-ਕਰਤਾ ਲੋਹੜੀ ਵਾਲੇ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ ਅਤੇ 26 ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਮਾਰਚ ਵਿੱਚ ਹਿੱਸਾ ਲੈਣਗੇ।

ਇਸ ਸੰਬੰਧੀ ਐਲਾਨ ਅੱਜ ਪਾਰਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਬੁਲਾਰੇ ਕੰਵਰਪਾਲ ਸਿੰਘ, ਰਣਬੀਰ ਸਿੰਘ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਨੇ ਕੀਤਾ। ਉਹਨਾਂ ਕਿਹਾ ਕਿ ਭਾਰਤ ਦਾ ਗਣਤੰਤਰ ਦਿਵਸ ਘੱਟ -ਗਿਣਤੀ ਕੌਮਾਂ ਲਈ ਕਾਲਾ ਦਿਨ ਹੈ । ਉਹਨਾਂ ਕਿਹਾ ਕਿ ਇਸ ਦਿਨ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਉਹ ਕਾਲੇ ਝੰਡੇ ਲੈ ਕੇ ਖੇਤੀ ਕਾਲੇ ਕਾਨੂੰਨਾਂ ਦਾ ਮਾਤਮ ਕਰਨਗੇ। ਉਹਨਾਂ ਪੰਜਾਬ ਵਾਸੀਆਂ ਨੂੰ ਪੁਰ-ਜ਼ੋਰ ਅਪੀਲ ਕੀਤੀ ਕਿ ਉਹ ਕਿਸਾਨੀ ਨੂੰ ਬਚਾਉਣ ਲਈ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਵਿੱਚ ਵਧ ਚੜ ਕੇ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਕਿਸਾਨਾਂ ਦਾ ਦਿੱਲੀ ਦਰਬਾਰ ਵਿਰੁੱਧ ਅੰਦੋਲਨ ਕੇਵਲ ਫਸਲਾਂ ਲਈ ਨਹੀਂ ਸਗੋਂ ਆਉਣ ਵਾਲ਼ੀਆਂ ਨਸਲਾਂ ਨੂੰ ਸੁਰੱਖਿਅਤ ਕਰਨ ਲਈ ਹੈ। ਉਹਨਾਂ ਪੰਜਾਬ ਦੇ ਹਰ ਘਰ ਵਿੱਚੋਂ ਇਕ ਜੀਅ ਨੂੰ 26 ਜਨਵਰੀ ਦੇ ਟਰੈਕਟਰ ਮਾਰਚ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ 26 ਜਨਵਰੀ ਨੂੰ ਪੰਜਾਬ ਅੰਦਰ ਵੀ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇਗਾ, ਜਿਸ ਦਾ ਐਲਾਨ ਲੋਹੜੀ ਤੋ ਬਾਅਦ ਕੀਤਾ ਜਾਵੇਗਾ।

ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਵੱਲੋਂ 26 ਜਨਵਰੀ ਦੇ ਜਸ਼ਨਾਂ ਵਿੱਚ ਮੁੱਖ ਮਹਿਮਾਨ ਵਜੋ ਭਾਰਤ ਆਉਣ ਦੇ ਆਪਣੇ ਪ੍ਰੋਗਰਾਮ ਨੂੰ ਰੱਦ ਕਰਨ ਉਤੇ ਟਿਪਣੀ ਕਰਦਿਆਂ ਉਹਨਾਂ ਕਿਹਾ ਕਿ ਇਹ ਕਿਸਾਨ ਅੰਦੋਲਨ ਦੇ ਪ੍ਰਭਾਵ ਕਰਕੇ ਹੋਇਆ ਹੈ ਭਾਵੇਂ ਕਿ ਇਸਦੇ ਕਾਰਨ ਯੂ.ਕੇ. ਵਿੱਚ ਕੋਰੋਨਾ ਦਾ ਕਰੋਪ ਵਧਣਾ ਦਸਿਆ ਜਾ ਰਿਹਾ ਹੈ। ਉਹਨਾਂ ਦਸਿਆ ਕਿ ਕਿਸਾਨ ਸੰਗਠਨਾਂ ਦੇ ਆਗੂਆਂ ਅਤੇ ਸਿੱਖ ਜਥੇਬੰਦੀਆਂ ਜਿਨਾ ਵਿੱਚ ਦਲ ਖਾਲਸਾ ਵੀ ਸ਼ਾਮਿਲ ਹੈ ਨੇ ਬੌਰਿਸ ਜੌਨਸਨ ਨੂੰ ਅਪੀਲ ਕੀਤੀ ਸੀ ਕਿ ਉਹ ਭਾਰਤ ਸਰਕਾਰ ਦੇ ਸੱਦੇ ਨੂੰ ਰੱਦ ਕਰਨ ਜਦ ਤੱਕ ਨਰਿੰਦਰ ਮੋਦੀ ਦੀ ਸਰਕਾਰ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਅਤੇ ਕਿਸਾਨਾਂ ਦੇ ਮਸਲੇ ਦਾ ਸਨਮਾਨਯੋਗ ਹੱਲ ਨਹੀਂ ਹੁੰਦਾ।

ਕੰਵਰਪਾਲ ਸਿੰਘ ਨੇ ਦਸਿਆ ਕਿ ਉਹਨਾਂ ਨੇ ਬਕਾਇਦਾ ਖਤ ਲਿਖ ਕੇ ਯੂ.ਕੇ. ਦੇ ਪ੍ਰਧਾਨ ਮੰਤਰੀ ਨੂੰ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਫਾਸੀਵਾਦੀ ਨੀਤੀਆਂ ਅਤੇ ਤਾਨਾਸ਼ਾਹੀ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਸੀ। ਉਹਨਾਂ ਵਿਅੰਗ ਕੱਸਦਿਆਂ ਕਿਹਾ ਕਿ ਜਦ ਘਰ ਵਿੱਚ ਅੱਗ ਲੱਗੀ ਹੋਵੇ ਤਾਂ ਮਹਿਮਾਨ ਨਹੀਂ ਸੱਦੇ ਜਾਂਦੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,