ਸਿਆਸੀ ਖਬਰਾਂ » ਸਿੱਖ ਖਬਰਾਂ

ਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ 44 ਆਗੂਆਂ ਨੂੰ 17 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਉੱਤੇ ਸੱਦਿਆ ਗਿਆ

April 5, 2017 | By

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਜਾਣ ਵਾਲੇ 44 ਸਿੱਖ ਸਿਆਸੀ ਆਗੂਆਂ ਨੂੰ 17 ਅਪਰੈਲ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਅਕਾਲ ਤਖ਼ਤ ਉੱਤੇ ਤਲਬ ਕੀਤਾ ਗਿਆ ਹੈ। ਇਹ ਮਾਮਲਾ ਮੰਗਲਵਾਰ ਨੂੰ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਹੋਰ ਸਿੰਘਾਂ ਦੀ ਮੀਟਿੰਗ ਦੌਰਾਨ ਵਿਚਾਰਿਆ ਗਿਆ।

ਮੀਟਿੰਗ ਵਿੱਚ ਗਿਆਨੀ ਗੁਰਬਚਨ ਸਿੰਘ, ਗਿਆਨੀ ਇਕਬਾਲ ਸਿੰਘ, ਗਿਆਨੀ ਮੱਲ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਸ਼ਾਮਲ ਸਨ।

ਗਿਆਨੀ ਇਕਬਾਲ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਮੱਲ ਸਿੰਘ

ਗਿਆਨੀ ਇਕਬਾਲ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਮੱਲ ਸਿੰਘ

ਮੀਡੀਆ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੁੱਝ ਸਿਆਸੀ ਪਾਰਟੀਆਂ ਦੇ ਸਿੱਖ ਆਗੂਆਂ ਨੇ ਡੇਰਾ ਸਿਰਸਾ ਜਾ ਕੇ ਵੋਟਾਂ ਲਈ ਸਮਰਥਨ ਮੰਗਿਆ ਸੀ ਅਤੇ ਆਸ਼ੀਰਵਾਦ ਵੀ ਲਿਆ ਸੀ। ਇਸ ਸਬੰਧੀ ਆਈਆਂ ਸ਼ਿਕਾਇਤਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ 3 ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ, ਜਿਸ ਨੇ ਆਪਣੀ ਜਾਂਚ ਰਿਪੋਰਟ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਹੈ, ਜਿਸ ਉੱਤੇ ਅੱਜ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਰਿਪੋਰਟ ਵਿੱਚ 44 ਸਿਆਸੀ ਆਗੂਆਂ ਦੇ ਨਾਂ ਸ਼ਾਮਲ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਾਂਚ ਕਮੇਟੀ ਵੱਲੋਂ ਇਸ ਵਾਰ ਚੋਣਾਂ ਦੌਰਾਨ ਡੇਰਾ ਸਿਰਸਾ ਗਏ ਸਿੱਖ ਆਗੂਆਂ ਬਾਰੇ ਹੀ ਜਾਂਚ ਕੀਤੀ ਗਈ ਹੈ। ਮੀਡੀਆ ਵਲੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਬਾਰੇ ਸਵਾਲ ਪੁੱਛੇ ਜਾਣ ‘ਤੇ ਗਿਆਨੀ ਗੁਰਬਚਨ ਸਿੰਘ ਕੋਈ ਜਵਾਬ ਨਹੀਂ ਦੇ ਸਕੇ।

ਸਬੰਧਤ ਖ਼ਬਰ:

ਬਾਦਲ ਦਲ ਦਾ ਚੰਮ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ “ਜਾਂਚ ਦੀ ਮਿਆਦ” ਦਿੱਲੀ ਚੋਣਾਂ ਤੋਂ ਬਾਅਦ ਪਾਈ …

ਜਿਨ੍ਹਾਂ ਸਿੱਖ ਆਗੂਆਂ ਨੂੰ ਸਪੱਸ਼ਟੀਕਰਨ ਲਈ ਤਲਬ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬਾਦਲ ਦਲ ਨਾਲ ਸਬੰਧਤ ਜੀਤ ਮਹਿੰਦਰ ਸਿੰਘ ਸਿੱਧੂ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਹਰਪ੍ਰੀਤ ਸਿੰਘ ਕੋਟ ਭਾਈ, ਹਰਦੀਪ ਸਿੰਘ ਢਿੱਲੋਂ, ਦਿਲਰਾਜ ਸਿੰਘ ਭੂੰਦੜ, ਵਰਿੰਦਰ ਕੌਰ, ਪ੍ਰਕਾਸ਼ ਸਿੰਘ ਭੱਟੀ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਨਿਸ਼ਾਨ ਸਿੰਘ ਬੁਢਲਾਢਾ, ਮਨਤਾਰ ਸਿੰਘ ਬਰਾੜ ਸ਼ਾਮਲ ਹਨ। ਜਦਕਿ ਕਾਂਗਰਸ ਦੇ ਆਗੂਆਂ ਵਿੱਚ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਅਰਜੁਨ ਸਿੰਘ ਪੁੱਤਰ ਮਨਪ੍ਰੀਤ ਸਿੰਘ ਬਾਦਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਜੀਤਇੰਦਰ ਸਿੰਘ ਮੋਫਰ, ਕੇਵਲ ਸਿੰਘ ਢਿੱਲੋਂ, ਰਣਦੀਪ ਸਿੰਘ ਨਾਭਾ, ਅਜੈਬ ਸਿੰਘ ਭੱਟੀ, ਦਰਸ਼ਨ ਸਿੰਘ ਬਰਾੜ, ਕੁਸ਼ਲਦੀਪ ਸਿੰਘ ਢਿੱਲੋਂ, ਸਾਧੂ ਸਿੰਘ ਧਰਮਸੋਤ, ਕਰਨ ਕੌਰ ਬਰਾੜ, ਖੁਸ਼ਬਾਜ ਸਿੰਘ ਜਟਾਣਾ, ਰਾਜਿੰਦਰ ਸਿੰਘ ਸਮਾਣਾ, ਦਮਨ ਕੌਰ ਬਾਜਵਾ ਸ਼ਾਮਲ ਹਨ। ਜਦੋਂਕਿ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਸਿੰਘ ਸੰਘਾ ਫਿਰੋਜ਼ਪੁਰ ਸ਼ਾਮਲ ਹਨ। ਡੇਰੇ ਦੇ ਸ਼ਰਧਾਲੂਆਂ ਨਾਲ ਬਾਹਰ ਮੀਟਿੰਗਾਂ ਕਰਨ ਵਾਲੇ ਸਿੱਖ ਆਗੂਆਂ ਵਿੱਚ ਬਾਦਲ ਦਲ ਨਾਲ ਸਬੰਧਤ ਇੰਦਰ ਇਕਬਾਲ ਸਿੰਘ ਅਟਵਾਲ, ਰਣਜੀਤ ਸਿੰਘ ਤਲਵੰਡੀ, ਦੀਦਾਰ ਸਿੰਘ ਭੱਟੀ, ਦਰਬਾਰਾ ਸਿੰਘ ਗੁਰੂ, ਈਸ਼ਰ ਸਿੰਘ ਮੇਹਰਬਾਨ, ਜਗਦੀਪ ਸਿੰਘ ਨਕਈ, ਦਰਸ਼ਨ ਸਿੰਘ ਕੋਟਫੱਤਾ, ਗੁਲਜ਼ਾਰ ਸਿੰਘ ਦਿੜ੍ਹਬਾ, ਇਕਬਾਲ ਸਿੰਘ ਝੂੰਦਾ, ਗੋਬਿੰਦ ਸਿੰਘ ਲੌਂਗੋਵਾਲ, ਹਰੀ ਸਿੰਘ ਨਾਭਾ, ਅਜੀਤ ਸਿੰਘ ਸ਼ਾਂਤ, ਸੁਰਿੰਦਰ ਸਿੰਘ ਸਿਬੀਆ, ਪਰਮਬੰਸ ਸਿੰਘ ਬੰਟੀ ਅਤੇ ਮਨਪ੍ਰੀਤ ਸਿੰਘ ਇਆਲੀ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ 2015 ‘ਚ ਚੱਬਾ ਵਿਖੇ ਹੋਏ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਵੀ ਲਗਭਗ 40 ਸਿੱਖ ਆਗੂਆਂ ਨੂੰ ਇਸੇ ਦੋਸ਼ ਹੇਠ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਇਨ੍ਹਾਂ ਖਿਲਾਫ 20 ਅਪਰੈਲ ਨੂੰ ਅਗਲੀ ਕਾਰਵਾਈ ਦਾ ਐਲਾਨ ਕੀਤਾ ਗਿਆ ਹੈ।

ਸਬੰਧਤ ਖ਼ਬਰ:

ਕਾਰਜਕਾਰੀ ਜਥੇਦਾਰ ਵਲੋਂ ਡੇਰਾ ਸਿਰਸਾ ਦੀ ਹਮਾਇਤ ਲੈਣ ਵਾਲੇ 40 ਆਗੂ ਦੋਸ਼ੀ ਕਰਾਰ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,