
November 2, 2011 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ ( 31 ਅਕਤੂਬਰ , 2011 ): ‘‘ਪੰਥਕ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸੱਤਾ ਲਾਲਚ ਲਈ ਅੱਜ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੀਆਂ ਲੀਹਾਂ ’ਤੇ ਚੱਲ ਰਹੀ ਹੈ। ਕਾਂਗਰਸ ਨੇ ਜਿਨ੍ਹਾਂ ਪੁਲਿਸ ਅਫ਼ਸਰਾਂ ਨੂੰ ਅੱਗੇ ਕਰਕੇ ਦੋ ਦਹਾਕੇ ਸਿੱਖਾਂ ਦਾ ਕਤਲੇਆਮ ਕਰਵਾਇਆ, ਉਨ੍ਹਾਂ ਅਫ਼ਸਰਾਂ ਨੂੰ ਹੁਣ ਅਕਾਲੀ ਸਰਕਾਰ ਪਾਲ ਰਹੀ ਹੈ।’’ ਇਹ ਦੋਸ਼ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸਕੱਤਰ ਜਨਰਲ ਦਵਿੰਦਰ ਸਿੰਘ ਸੋਢੀ ਨੇ ਲਗਾਏ ਹਨ।
ਪੱਤਰਕਾਰਾਂ ਨੂੰ ਭੇਜੇ ਲਿਖਤੀ ਨੋਟ ਵਿਚ ਫ਼ੈਡਰੇਸ਼ਨ ਨੇ ਆਖਿਆ ਕਿ 1 ਨਵੰਬਰ ਨੂੰ ਸਮੁੱਚੀ ਸਿੱਖ ਕੌਮ ਨਵੰਬਰ 1984 ਵਿਚ ਹੋਏ ਸਿੱਖਾਂ ਦੇ ਕਤਲੇਆਮ ਦੇ ਸੋਗ ਮਨਾ ਰਹੀ ਹੈ, ਪਰ ਸਿੱਖਾਂ ਦੀ ਪੰਥਕ ਅਖਵਾਉਣ ਵਾਲੀ ਅਕਾਲੀ ਸਰਕਾਰ ਉਸ ਸਮੇਂ ਬਠਿੰਡਾ ’ਚ ਵਿਸ਼ਵ ਕਬੱਡੀ ਕੱਪ ਦੇ ਉਦਘਾਟਨੀ ਜਸ਼ਨਾਂ ਵਿਚ ਰੁੱਝੀ ਹੋਵੇਗੀ।
ਫ਼ੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਸਿੱਖਾਂ ਦੇ ਜਜ਼ਬਾਤ ਅਤੇ ਵੋਟਾਂ ਦਾ ਲਾਹਾ ਲੈ ਕੇ ਸੱਤਾ ’ਤੇ ਬੈਠਣ ਵਾਲੀ ਅਕਾਲੀ ਸਰਕਾਰ ਹੁਣ ਖੁਦ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੀਆਂ ਲੀਹਾਂ ’ਤੇ ਚੱਲਣ ਲੱਗ ਪਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਖਾੜਕੂਵਾਦ ਦੌਰਾਨ ਨਿਰਦੋਸ਼ ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰਨ ਵਾਲੇ ਸਾਬਕਾ ਪੁਲਿਸ ਅਫ਼ਸਰ ਮੁਹੰਮਦ ਇਜ਼ਹਾਰ ਆਲਮ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਕੇ ਇਸ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਦਾ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਨਾਲੋਂ ਕੋਈ ਫ਼ਰਕ ਨਹੀਂ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਬਾਦਲ ਕਾਤਲ ਪੁਲਿਸ ਅਫ਼ਸਰ ਇਜ਼ਹਾਰ ਆਲਮ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਨਿਆਂਸੰਗਤ ਠਹਿਰਾਉਂਦਿਆਂ ਆਖ ਰਹੇ ਹਨ ਕਿ ਉਨ੍ਹਾਂ ਨੂੰ ਤਾਂ ਪਤਾ ਨਹੀਂ ਕਿ ਆਲਮ ਨੇ ਨਿਰਦੋਸ਼ ਸਿੱਖ ਮਾਰੇ ਹਨ। ਉਨ੍ਹਾਂ ਸਵਾਲ ਕੀਤਾ ਕਿ ਸ੍ਰੀ ਬਾਦਲ ਕੀ ਭੁੱਲ ਗਏ ਹਨ ਕਿ 1997 ਵਿਚ ਸਰਕਾਰ ਬਣਾਉਣ ਤੋਂ ਪਹਿਲਾਂ ਸ੍ਰੀ ਬਾਦਲ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਅਕਾਲੀ ਸਰਕਾਰ ਬਣਨ ’ਤੇ ਨਿਰਦੋਸ਼ ਸਿੱਖਾਂ ਦੇ ਕਾਤਲ ਪੁਲਿਸ ਅਫ਼ਸਰਾਂ ਨੂੰ ਤੁਰੰਤ ਜੇਲ੍ਹਾਂ ਵਿਚ ਡੱਕਿਆ ਜਾਵੇਗਾ। ਫ਼ੈਡਰੇਸ਼ਨ ਆਗੂਆਂ ਨੇ ਸਵਾਲ ਕੀਤਾ ਕਿ ਸ੍ਰੀ ਬਾਦਲ ਇਹ ਸਪੱਸ਼ਟ ਕਰਨ ਕਿ ਉਨ੍ਹਾਂ ਉਸ ਵੇਲੇ ਕਿਹੜੇ ਜ਼ਾਲਮ ਪੁਲਿਸ ਅਫ਼ਸਰਾਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਤੱਕ ਕਿੰਨੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਹੈ। ਉਨ੍ਹਾਂ ਨਾਲ ਹੀ ਇਹ ਵੀ ਆਖਿਆ ਕਿ ਕੀ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਵੀ ਨਹੀਂ ਪਤਾ ਕਿ ਜਿਸ ਸੁਮੇਧ ਸੈਣੀ ਨੂੰ ਉਨ੍ਹਾਂ ਨੇ ਪੰਜਾਬ ਵਿਜੀਲੈਂਸ ਦਾ ਮੁਖੀ ਲਗਾਇਆ ਹੈ, ਉਹ ਦਵਿੰਦਰਪਾਲ ਸਿੰਘ ਭੁੱਲਰ ਦੇ ਪਰਿਵਾਰਕ ਮੈਂਬਰਾਂ ਸਮੇਤ ਕਈ ਹੋਰਨਾਂ ਨਿਰਦੋਸ਼ਾਂ ਦੇ ਕਤਲ ਮਾਮਲਿਆਂ ’ਚ ਸੁਪਰੀਮ ਕੋਰਟ ਵਿਚ ਕੇਸ ਭੁਗਤ ਰਹੇ ਹਨ, ਜਦੋਂਕਿ ਅਕਾਲੀ ਸਰਕਾਰ ਨੇ ਉਸ ਨੂੰ ਰਾਹਤ ਦਿਵਾਉਣ ਲਈ ਅਦਾਲਤ ਵਿਚ ਅਪੀਲ ਕੀਤੀ ਸੀ। ਫ਼ੈਡਰੇਸ਼ਨ ਆਗੂਆਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਮਾਂ ਰਹਿੰਦਿਆਂ ਸੰਭਲਣਾ ਚਾਹੀਦਾ ਹੈ ਅਤੇ ਆਪਣੀ ਰਵਾਇਤਾਂ ਅਤੇ ਇਖਲਾਕ ਤੋਂ ਰਾਹ ਲੈਂਦਿਆਂ ਸਿੱਖ ਪੰਥ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ, ਨਾ ਕਿ ਸੱਤਾ ਲਾਲਚ ਵਿਚ ਆ ਕੇ ਸਿੱਖਾਂ ਦੀ ਕਾਤਲ ਜਮਾਤ ਦੇ ਨਕਸ਼ੇ ਕਦਮਾਂ ’ਤੇ ਚੱਲਣਾ ਚਾਹੀਦਾ। ਉਨ੍ਹਾਂ ਆਖਿਆ ਕਿ ਅਜੇ ਵੀ ਸਮਾਂ ਹੈ ਕਿ ਬਠਿੰਡਾ ਵਿਚ ਸ਼ੁਰੂ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਨੂੰ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ 18 ਸੂਬਿਆਂ ਵਿਚਲੇ 110 ਸ਼ਹਿਰਾਂ ਵਿਚ ਬੇਰਹਿਮੀ ਨਾਲ ਕਾਂਗਰਸ ਵਲੋਂ ਕਤਲ ਕਰਵਾਏ 30,000 ਤੋਂ ਵੱਧ ਸਿੱਖਾਂ ਦੀ ਯਾਦ ਨੂੰ ਸਮਰਪਿਤ ਕੀਤਾ ਜਾਵੇ।
Related Topics: Human Rights, Human Rights Violations, Indian Satae, ਸ਼੍ਰੋਮਣੀ ਅਕਾਲੀ ਦਲ (ਬਾਦਲ) Shiromani Akali Dal (Badal), ਸਿੱਖ ਨਸਲਕੁਸ਼ੀ 1984 (Sikh Genocide 1984)