Site icon Sikh Siyasat News

ਸ਼੍ਰੋ. ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਕਾਰਜਕਾਰੀ ਜਥੇਦਾਰਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ: ਨਵੰਬਰ 2015 ‘ਚ ਪਿੰਡ ਚੱਬਾ ਵਿਖੇ ਹੋਏ ਇਕੱਠ ‘ਚ ਪ੍ਰਬੰਧਕਾਂ ਵਲੋਂ ਥਾਪੇ ਗਏ ਕਾਰਜਕਾਰੀ ਜਥੇਦਾਰਾਂ ਵੱਲੋਂ 7 ਨਵੰਬਰ ਨੂੰ ਤਲਬ ਕੀਤੇ ਜਾਣ ਬਾਅਦ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਕੱਲ੍ਹ (15 ਅਕਤੂਬਰ, 2017) ਨੂੰ ਸ਼੍ਰੋਮਣੀ ਕਮੇਟੀ ਦੇ ਕੁੱਝ ਮੈਂਬਰਾਂ ਸਮੇਤ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਕ ਪੱਤਰ ਸੌਂਪ ਕੇ ਅਪੀਲ ਕੀਤੀ ਹੈ ਕਿ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦੇ ਦੋਸ਼ ਹੇਠ ਕਾਰਜਕਾਰੀ ਜਥੇਦਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਜਲਦੀ ਧਾਰਮਿਕ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਵਿਚਾਰਿਆ ਜਾਵੇਗਾ।

ਮੁਤਵਾਜ਼ੀ ਜਥੇਦਾਰਾਂ ਖ਼ਿਲਾਫ਼ ਕਾਰਵਾਈ ਲਈ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਸੌਂਪਣ ਗਈ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ

ਗਿਆਨੀ ਗੁਰਬਚਨ ਸਿੰਘ ਕੋਲ ਜਾਣ ਤੋਂ ਪਹਿਲਾਂ ਭਾਈ ਗੁਰਦਾਸ ਹਾਲ, ਅੰਮ੍ਰਿਤਸਰ ਵਿੱਚ ਇਕੱਠੇ ਹੋਏ ਸ਼੍ਰੋਮਣੀ ਕਮੇਟੀ ਦੇ ਲਗਭਗ 60 ਮੈਂਬਰਾਂ ਨੇ ਇਕ ਮਤਾ ਪਾਸ ਕੀਤਾ। ਇਹ ਮਤਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਿਆਮਪੁਰਾ ਨੇ ਪੜ੍ਹਿਆ। ਮਤੇ ਵਿੱਚ ਦੋਸ਼ ਲਾਇਆ ਗਿਆ ਕਿ ਕਾਰਜਕਾਰੀ ਜਥੇਦਾਰਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਬਰਾਬਰ ਕਾਰਵਾਈ ਕਰਨ, ਪ੍ਰਵੇਸ਼ ਦੁਆਰ ਪਲਾਜ਼ਾ ਵਿੱਚ ਖੜ੍ਹੇ ਹੋ ਕੇ ਹੁਕਮਨਾਮੇ ਜਾਰੀ ਕਰਨ ਨਾਲ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਢਾਹ ਲੱਗ ਰਹੀ ਹੈ ਅਤੇ ਕੌਮ ਵਿੱਚ ਦੁਬਿਧਾ ਪੈਦਾ ਕੀਤੀ ਜਾ ਰਹੀ ਹੈ। ਇਸ ਲਈ ਕਾਰਜਕਾਰੀ ਜਥੇਦਾਰਾਂ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version