ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ

ਖਾਸ ਖਬਰਾਂ

ਰਾਜਸਥਾਨ ‘ਚ ਨਿਹੰਗ ਸਿੰਘ ਦੇ ਜਬਰੀ ਕੇਸ ਕਤਲ ਕੀਤੇ; ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿਖੇਧੀ

By ਸਿੱਖ ਸਿਆਸਤ ਬਿਊਰੋ

September 13, 2018

ਅੰਮ੍ਰਿਤਸਰ: ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਦੀ ਕੁਟਮਾਰ ਅਤੇ ਧਾਰਮਿਕ ਚਿੰਨ੍ਹਾਂ ਅਤੇ ਅਕੀਦਿਆਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਰਾਜਸਥਾਨ ਦੇ ਹਨੂਮਾਨਗੜ੍ਹ ਵਿਚ ਪੀਲੀਬੰਗਾ ਥਾਣੇ ਨਜ਼ਦੀਕ ਪਿੰਡ ਖਰਲੀਆਂ ਨੇੜੇ ਸਾਹਮਣੇ ਆਇਆ ਹੈ ਜਿੱਥੇ ਇਕ ਸਿੱਖ ਨਾਲ ਭੀੜ ਨੇ ਕੁੱਟਮਾਰ ਕਰਨ ਤੋਂ ਬਾਅਦ ਉਸਦੇ ਕੇਸ ਕਤਲ ਕਰ ਦਿੱਤੇ। ਇਸ ਤੋਂ ਪਹਿਲਾਂ ਹਨੂਮਾਨਗੜ੍ਹ ਵਿਚ ਹੀ ਪਿਛਲੇ ਮਹੀਨੇ ਸਿੱਖ ਵਿਿਦਆਰਥੀਆਂ ਨੂੰ ਰਾਜਸਥਾਨ ਪ੍ਰਸ਼ਾਸਨਿਕ ਸੇਵਾਵਾਂ ਦੇ ਇਮਤਿਹਜਾਨ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਹੰਗ ਸਿੰਘ ਸ. ਰਾਜਵੀਰ ਸਿੰਘ ਦੇ ਜਬਰੀ ਕੇਸ ਕਤਲ ਕਰਨ ਦੇ ਸਾਹਮਣੇ ਆਏ ਮਾਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪ੍ਰਸ਼ਾਸਨ ਪਾਸੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ, ਇਸ ਲਈ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਵਰਤਾਰਾ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਕੇਸ ਗੁਰੂ ਬਖਸ਼ੀ ਜੀਵਨ ਜਾਚ ਦਾ ਅਹਿਮ ਅੰਗ ਹਨ, ਇਸ ਲਈ ਸਿੱਖਾਂ ਦੇ ਇਨ੍ਹਾਂ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ‘ਤੇ ਸਬੰਧਤ ਖਿਲਾਫ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਕੇਸ ਦਰਜ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਰਾਜਸਥਾਨ ਸੂਬੇ ਵਿਚ ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਤਾਰ-ਤਾਰ ਕੀਤੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਲਗਾਤਾਰ ਅਜਿਹੀਆਂ ਘਟਨਾਵਾਂ ਘੱਟ ਗਿਣਤੀ ਸਿੱਖਾਂ ਨਾਲ ਭਾਰਤ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀਆਂ ਹਨ। ਸੋ ਅਜਿਹੀਆਂ ਘਟਨਾਵਾਂ ਤੁਰਤ ਰੋਕਣ ਲਈ ਸਰਕਾਰ ਸਖ਼ਤੀ ਵਰਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: