Site icon Sikh Siyasat News

‘ਆਪ’ ਦੇ ਜਿੱਤੇ ਹੋਏ ਵਿਧਾਇਕ ਹੀ ਮੁੱਖ ਮੰਤਰੀ ਦਾ ਫੈਸਲਾ ਕਰਨਗੇ: ਪ੍ਰੋ. ਬਲਜਿੰਦਰ ਕੌਰ

ਆਮ ਆਦਮੀ ਪਾਰਟੀ ਦੀ ਔਰਤ ਵਿੰਗ ਦੀ ਸੂਬਾ ਪ੍ਰਧਾਨ ਬਲਜਿੰਦਰ ਕੌਰ ਬਠਿੰਡਾ ਵਿੱਚ ਮੀਡੀਆ ਨੂੰ ਸੰਬੋਧਨ ਕਰਦੀ ਹੋਈ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਲੀਡਰਸ਼ਿਪ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਪੂਰੀ ਆਸਵੰਦ ਹੈ ਤੇ ਸਰਕਾਰ ਬਣਨ ਦੀ ਸੂਰਤ ਵਿੱਚ ਇਸ ਦੇ ਖਾਕੇ ਉਪਰ ਵੀ ਚੁੱਪ-ਚੁਪੀਤੇ ਚਰਚਾ ਕੀਤੀ ਜਾ ਰਹੀ ਹੈ।

ਪੰਜਾਬ ਚੋਣਾਂ ਵਿੱਚ ਵੱਖ-ਵੱਖ ਪਾਰਟੀਆਂ ਦੀ ਜਿੱਤ-ਹਾਰ ਦਾ ਪਤਾ ਭਾਵੇਂ 11 ਮਾਰਚ ਨੂੰ ਵੋਟਾਂ ਦੀ ਗਿਣਤੀ ਮੌਕੇ ਹੀ ਲੱਗੇਗਾ ਪਰ ‘ਆਪ’ ਦੀ ਲੀਡਰਸ਼ਿਪ ਆਪਣੀ ਜਿੱਤ ਦੇ ਵੱਡੇ ਦਾਅਵੇ ਕਰ ਰਹੀ ਹੈ। ‘ਆਪ’ ਦੀ ਔਰਤ ਵਿੰਗ ਦੀ ਪ੍ਰਧਾਨ ਅਤੇ ਤਲਵੰਡੀ ਸਾਬੋ ਹਲਕੇ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੇ ਸ਼ਨੀਵਾਰ ਚੰਡੀਗੜ੍ਹ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਕਿ ਪਾਰਟੀ ਨੇ ਚੋਣਾਂ ਬਾਰੇ ਕੀਤੀ ਸਮੀਖਿਆ ਤੋਂ ਇਹ ਸਿੱਟਾ ਕੱਢਿਆ ਹੈ ਕਿ ‘ਆਪ’ 100 ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰ ਸਕਦੀ ਹੈ। ਉਨ੍ਹਾਂ ਇਕ ਹੋਰ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਮਾਲਵੇ ਵਿਚਲੀਆਂ ਸਾਰੀਆਂ 69 ਸੀਟਾਂ ਉਪਰ ਹੂੰਝਾਫੇਰ ਜਿੱਤ ਹਾਸਲ ਕਰੇਗੀ।

ਪ੍ਰੋ. ਬਲਜਿੰਦਰ ਕੌਰ (ਫਾਈਲ ਫੋਟੋ)

ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪਾਰਟੀ ਦੀ ਜਿੱਤ ਹੋਣ ਦੀ ਸੂਰਤ ਵਿੱਚ ਮੁੱਖ ਮੰਤਰੀ ਦੇ ਅਹੁਦੇ ਬਾਰੇ ਫ਼ੈਸਲਾ ਦਿੱਲੀ ਦੀ ਲੀਡਰਸ਼ਿਪ ਨਹੀਂ, ਸਗੋਂ ਚੁਣੇ ਵਿਧਾਇਕ ਹੀ ਕਰਨਗੇ ਅਤੇ ਪਾਰਟੀ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨਗੇ, ਸਗੋਂ ਮੁੱਖ ਮੰਤਰੀ ਪੰਜਾਬ ਵਿੱਚੋਂ ਹੀ ਕੋਈ ਆਗੂ ਹੋਵੇਗਾ। ਪ੍ਰੋ. ਬਲਜਿੰਦਰ ਕੌਰ ਨੇ ਦਾਅਵਾ ਕੀਤਾ ਕਿ ਦਿੱਲੀ ਦੀ ਲੀਡਰਸ਼ਿਪ ਨੇ ਪਾਰਟੀ ਉਪਰ ਕਦੇ ਵੀ ਫ਼ੈਸਲੇ ਥੋਪੇ ਨਹੀਂ ਹਨ, ਸਗੋਂ ਸਾਰਿਆਂ ਦੀ ਰਾਇ ਨਾਲ ਹੀ ਫ਼ੈਸਲੇ ਲਾਗੂ ਕੀਤੇ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਦੀ ਪੰਜਾਬ ਆਈ ਟੀਮ ਬਦੌਲਤ ਹੀ ਅੱਜ ‘ਆਪ’ ਦੀ ਪੰਜਾਬ ਇਕਾਈ ਦੀਆਂ ਜੜ੍ਹਾਂ ਹੇਠਲੇ ਪੱਧਰ ਤੱਕ ਕਾਇਮ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਕੇਜਰੀਵਾਲ ਨੂੰ ਗ਼ੈਰ-ਪੰਜਾਬੀ ਦੱਸ ਰਹੇ ਹਨ ਪਰ ਉਨ੍ਹਾਂ ਨੇ ਮੁਕਤਸਰ ਸਾਹਿਬ ਦੀ ਧਰਤੀ ਤੋਂ ਐਲਾਨ ਕੀਤਾ ਸੀ ਕਿ ‘ਆਪ’ ਦੀ ਸਰਕਾਰ ਬਣਨ ਦੀ ਸੂਰਤ ਵਿੱਚ ਉਹ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਸੁੱਟਣਗੇ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੀ ਹਿਤੈਸ਼ੀ ਮੰਨੀ ਜਾਂਦੀ ਬਾਦਲ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਸਕੀ?

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version