ਸਿੱਖ ਖਬਰਾਂ

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਅਨੰਦਪੁਰ ਸਾਹਿਬ ਤੋਂ ਸ਼ੁਰੂ

December 21, 2016 | By

ਫਤਿਹਗੜ੍ਹ ਸਾਹਿਬ: ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸਟਾਫ਼ ਵੱਲੋਂ ਸ਼ਰਧਾ ਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ ਗਈ। ਇਸ ਨਗਰ ਕੀਰਤਨ ਦਾ ਆਰੰਭ ਤਖ਼ਤ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਤੋਂ ਹੋਇਆ। ਅੱਜ ਨਗਰ ਕੀਰਤਨ ਫ਼ਤਹਿਗੜ੍ਹ ਸਾਹਿਬ ਪੁੱਜਾ ਜੋ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ, ਪਟਨਾ ਸਾਹਿਬ ਵਿਖੇ ਸਮਾਪਤ ਹੋਵੇਗਾ।

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਅਨੰਦਪੁਰ ਸਾਹਿਬ ਤੋਂ ਸ਼ੁਰੂ

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਅਨੰਦਪੁਰ ਸਾਹਿਬ ਤੋਂ ਸ਼ੁਰੂ

ਇਸ ਮੌਕੇ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਯੂਨੀਵਰਸਿਟੀ ਦੇ ਚਾਂਸਲਰ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੁਆਰਾ ਕੀਤੇ ਜਾ ਰਹੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਵਾਈਸ ਚਾਂਸਲਰ ਨੇ ਕਿਹਾ ਕਿ ਦਸਮ ਪਾਤਸ਼ਾਹ ਇਕ ਅਜਿਹੇ ਰਹਿਬਰ ਹਨ ਜਿਨ੍ਹਾਂ ਦੀ ਸ਼ਖ਼ਸੀਅਤ ਬਹੁਪੱਖੀ ਹੈ, ਜੋ ਧਰਮ, ਸਮਾਜ, ਰਾਜਨੀਤੀ, ਯੁੱਧ, ਵਿੱਦਿਆ, ਸਾਹਿਤ ਆਦਿ ਅਲੌਕਿਕ ਤੇ ਲੌਕਿਕ ਕਲਾਵਾਂ ਵਿਚ ਪੂਰਨ ਸਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸਮੇਂ-ਸਮੇਂ ਉਤੇ ਅਜਿਹੀਆਂ ਧਾਰਮਿਕ ਅਤੇ ਉਸਾਰੂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣਾ ਆਪਣਾ ਫ਼ਰਜ਼ ਸਮਝਦੀ ਹੈ ਕਿਉਂਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਉਤੇ ਇਸ ਯੂਨੀਵਰਸਿਟੀ ਦੀ ਸਥਾਪਨਾ ਦਾ ਮੁੱਖ ਉਦੇਸ਼ ਹੀ ਅਮੀਰ ਸਿੱਖ ਵਿਰਸੇ ਅਤੇ ਸੱਭਿਆਚਾਰ ਦਾ ਸੰਸਾਰ ਦੇ ਕੋਨੇ-ਕੋਨੇ ਅੰਦਰ ਪ੍ਰਚਾਰ ਕਰਨਾ ਹੈ।

ਉਨ੍ਹਾਂ ਸਭ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਉਤਸ਼ਾਹਿਤ ਕੀਤਾ ਅਤੇ ਨਾਲ ਹੀ ਹਰ ਸਮੇਂ ਚੜ੍ਹਦੀਕਲਾ ਵਿਚ ਰਹਿਣ ਲਈ ਗੁਰੂ ਸਾਹਿਬ ਨੂੰ ਆਪਣਾ ਰੋਲ ਮਾਡਲ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਦੱਬੇ ਤੇ ਕੁਚਲੇ ਹੋਏ ਲੋਕਾਂ ਨੂੰ ਬਾਦਸ਼ਾਹ ਬਣਾ ਦਿੱਤਾ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਪ੍ਰਿਤਪਾਲ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਬੀਰਬਿਕਰਮ ਸਿੰਘ, ਯੂਨੀਵਰਸਿਟੀ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,