Site icon Sikh Siyasat News

ਨਾਨਕਸ਼ਾਹੀ ਕੈਲੰਡਰ ਵਿਰੁੱਧ ਸਾਜ਼ਿਸ਼ਾਂ ਪ੍ਰਵਾਨ ਨਹੀਂ

ਸਰੀ (23 ਦਸੰਬਰ, 2009 – ਗੁਰਪ੍ਰੀਤ ਸਿੰਘ ਸਹੋਤਾ): ਆਰ. ਐਸ. ਐਸ. ਦੇ ਪ੍ਰਭਾਵ ਹੇਠ ਆ ਕੇ ਸਿੱਖ ਕੌਮ ਵਲੋਂ ਸਰਬ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਵਿਰੁੱਧ ਸਾਜ਼ਿਸ਼ਾਂ ਘੜਨ ਵਾਲੇ ਲੋਕਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਸਿੱਖ ਕੌਮ ਇਸ ਵਿਸ਼ੇ ’ਤੇ ਪੂਰੀ ਤਰ੍ਹਾਂ ਜਾਗਰੂਕ ਹੈ ਅਤੇ ਇਹੀ ਕਾਰਨ ਹੈ ਕਿ ਦੁਨੀਆ ਦੇ 99 ਪ੍ਰਤੀਸ਼ਤ ਸਿੱਖਾਂ ਨੇ ਸਿੱਖਾਂ ਦੀ ਵੱਖਰੀ ਹਸਤੀ ਨੂੰ ਦਰਸਾਉਂਦੇ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੋਈ ਹੈ। ਇਸ ਲਈ ਨਾਨਕਸ਼ਾਹੀ ਕੈਲੰਡਰ ਨਾਲ ਕੀਤੀ ਜਾ ਰਹੀ ਛੇੜ-ਛਾੜ ਨੂੰ ਸਿੱਖ ਕਦੇ ਵੀ ਪ੍ਰਵਾਨ ਨਹੀਂ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਥਕ ਆਗੂ ਜਥੇਦਾਰ ਸਤਿੰਦਰਪਾਲ ਸਿੰਘ ਗਿੱਲ ਅਤੇ ਯੂਨਾਇਟਿਡ ਸਿੱਖ ਫੈਡਰੇਸ਼ਨ ਆਫ ਕੈਨੇਡਾ ਦੇ ਪ੍ਰਧਾਨ ਸ. ਨਮਜੀਤ ਸਿੰਘ ਕੈਲਗਿਰੀ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਚੰਗੇ ਭਾਗੀਂ ਨਾਨਕਸ਼ਾਹੀ ਕੈਲੰਡਰ ਲਾਗੂ ਹੋਇਆ, ਜਿਸ ਕਾਰਨ ਸਿੱਖ ਮਿੱਥੇ ਦਿਨਾਂ ’ਤੇ ਗੁਰਪੁਰਬ ਅਤੇ ਹੋਰ ਪਵਿੱਤਰ ਦਿਹਾੜੇ ਮਨਾ ਰਹੇ ਹਨ, ਜੋ ਬ੍ਰਾਹਮਣਵਾਦੀਆਂ ਨੂੰ ਭਾਉਂਦੇ ਨਹੀਂ।

ਉਨ੍ਹਾਂ ਦੁਨੀਆ ਭਰ ਦੇ ਸਿੱਖਾਂ ਅਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਨਾਨਕਸ਼ਾਹੀ ਕੈਲੰਡਰ ਪ੍ਰਤੀ ਦ੍ਰਿੜਤਾ ਨਾਲ ਸਟੈਂਡ ਲੈ ਕੇ ਜਥੇਦਾਰ ਸਾਹਿਬਾਨ ਨੂੰ ਜਾਣੂ ਕਰਵਾਇਆ ਜਾਵੇ ਕਿ ਨਾਨਕਸ਼ਾਹੀ ਕੈਲੰਡਰ ਨੂੰ ਸਾਜ਼ਿਸ਼ੀ ਤਰੀਕੇ ਨਾਲ ਰੱਦ ਕਰਕੇ ਸਿੱਖਾਂ ਨੂੰ ਬਿਕ੍ਰਮੀ ਕੈਲੰਡਰ ਦੇ ਲੜ ਲਾਉਣਾ ਸਿੱਖਾਂ ਨੂੰ ਪ੍ਰਵਾਨ ਨਹੀਂ। ਦੋਹਾਂ ਆਗੂਆਂ ਨੇ ਨਾਨਕਸ਼ਾਹੀ ਕੈਲੰਡਰ ਪ੍ਰਤੀ ਜਥੇਦਾਰ ਨੰਦਗੜ੍ਹ ਦੇ ਬਿਆਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇੰਜ ਹੀ ਡਟੇ ਰਹਿਣ ਦੀ ਅਪੀਲ ਵੀ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version