ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਮਨਾਈ ਜਾਵੇਗੀ: ਡਾ. ਚੀਮਾ

July 6, 2016 | By

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਇਸ ਸਾਲ ਪਹਿਲੀ ਨਵੰਬਰ ਨੂੰ ਪੰਜਾਬੀ ਸੂਬੇ ਦੀ ਮਨਾਈ ਜਾ ਰਹੀਂ 50ਵੀਂ ਵਰ੍ਹੇਗੰਢ ਨੂੰ ਯਾਦਗਾਰੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਸੂਬੇ ਦੇ ਇਤਿਹਾਸ ਤੇ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਉਣ ਲਈ ਸਿੱਖਿਆ ਵਿਭਾਗ ਨੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪਹਿਲੀ ਨਵੰਬਰ ਤੋਂ ਪਹਿਲਾਂ ਕਰੀਬ ਮਹੀਨਾ ਭਰ ਪੰਜਾਬੀ ਸੂਬੇ ਨੂੰ ਸਮਰਪਿਤ ਵਿਦਿਅਕ ਤੇ ਸਹਿ ਵਿਦਿਅਕ ਪ੍ਰੋਗਰਾਮ ਕਰਵਾਏ ਜਾਣਗੇ ਜਿਸ ਦੀ ਵਿਉਂਤਬੰਦੀ ਉਲੀਕਣ ਲਈ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ 11 ਜੁਲਾਈ ਨੂੰ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਆਡੀਟੋਰੀਅਮ ਸਥਿਤ ਕਮੇਟੀ ਰੂਮ ਵਿਖੇ ਹੋਵੇਗੀ ਜਿਸ ਵਿੱਚ ਵਿਭਾਗ ਦੇ ਸਮੂਹ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਿਆਂ ਵਿੱਚ ਤਾਇਨਾਤ ਅਜਿਹੇ ਪ੍ਰੋਗਰਾਮਾਂ ਨੂੰ ਕਰਵਾਉਣ ਵਿੱਚ ਮਾਹਿਰ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਨੂੰ ਵੀ ਬੁਲਾਇਆ ਗਿਆ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ (ਫਾਈਲ ਫੋਟੋ)

ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ (ਫਾਈਲ ਫੋਟੋ)

ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 1 ਨਵੰਬਰ 1966 ਨੂੰ ਪੰਜਾਬੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਤੇ ਕੁਰਬਾਨੀਆਂ ਸਦਕਾ ਪੰਜਾਬੀ ਸੂਬਾ ਹੋਂਦ ਵਿੱਚ ਆਇਆ ਸੀ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਾਲ ਪੰਜਾਬੀ ਸੂਬੇ ਬਣਨ ਦੀ 50ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਅਮੀਰ ਪੰਜਾਬੀ ਵਿਰਸੇ ਤੇ ਪੰਜਾਬੀ ਸੂਬੇ ਦੇ ਗੌਰਵਮਾਈ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਸਿੱਖਿਆ ਵਿਭਾਗ ਵੱਲੋਂ ਸਤੰਬਰ-ਅਕਤੂਬਰ ਵਿੱਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ ਜਿਨ੍ਹਾਂ ਦੀ ਪੂਰੀ ਰੂਪ ਰੇਖਾ ਉਲੀਕਣ ਲਈ 11 ਜੁਲਾਈ ਨੂੰ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪ੍ਰੋਗਰਾਮਾਂ ਦੇ ਵੇਰਵੇ ਦਿੰਦਿਆਂ ਡਾ. ਚੀਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵਿਦਿਅਕ, ਸਹਿ ਵਿਦਿਅਕ ਮੁਕਾਬਲੇ ਜਿਨ੍ਹਾਂ ਵਿੱਚ ਸੱਭਿਆਚਾਰਕ ਆਦਿ ਕਰਵਾਏ ਜਾਣਗੇ। ਇਨ੍ਹਾਂ ਪ੍ਰੋਗਰਾਮਾਂ ਦਾ ਮਨੋਰਥ ਵਿਦਿਆਰਥੀਆਂ ਨੂੰ ਪੰਜਾਬੀ ਸੂਬੇ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਣਾ ਹੋਵੇਗਾ। ਪੰਜਾਬੀ ਸਾਹਿਤ, ਸੱਭਿਆਚਾਰ, ਲੋਕ ਨਾਚਾਂ, ਲੋਕ ਗੀਤ, ਲੋਕ ਖੇਡਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਦਾ ਹਿੱਸਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਐਜੂਸੈਟ ਅਤੇ ਸਿੱਖਿਆ ਬੋਰਡ ਦੀਆਂ ਪੁਸਤਕਾਂ ਦੇ ਸਿਲੇਬਸ ਰਾਹੀਂ ਪੰਜਾਬੀ ਸੂਬੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਹਰ ਤਰ੍ਹਾਂ ਦੇ ਮਾਹਿਰਾਂ ਨੂੰ ਬੁਲਾਉਣ ਤੋਂ ਇਲਾਵਾ ਵਿਭਾਗ ਦੀ ਵੈਬਸਾਈਟ ਰਾਹੀਂ ਵੀ ਅਧਿਆਪਕਾਂ ਤੋਂ ਸੁਝਾਅ ਮੰਗੇ ਗਏ ਹਨ ਕਿ ਕਿਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਣ। ਇਸ ਤੋਂ ਇਲਾਵਾ ਕੋਈ ਵੀ ਮਾਹਿਰ ਆਪਣੀਆਂ ਸੇਵਾਵਾਂ ਦੇਣ ਸਬੰਧੀ ਜਾਣਕਾਰੀ ਦੇ ਸਕਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,