ਵਿਦੇਸ਼ » ਸਿਆਸੀ ਖਬਰਾਂ

ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਵਲੋਂ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਵਿਰੋਧ ਦਾ ਐਲਾਨ

December 4, 2017 | By

ਅੰਮ੍ਰਿਤਸਰ: ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਅਮਰੀਕਾ ਦੌਰੇ ’ਤੇ ਵਿਰੋਧ ਕੀਤਾ ਜਾਵੇਗਾ ਅਤੇ ਉਸ ਨੂੰ ਸਟੇਜਾਂ ਤੋਂ ਬੋਲਣ ਤੋਂ ਰੋਕਿਆ ਜਾਵੇਗਾ। ਕੋਆਰਡੀਨੇਸ਼ਨ ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਨਵਾਂ ਬਣਿਆ ਪ੍ਰਧਾਨ ਵੋਟਾਂ ਦੀ ਖਾਤਰ ਡੇਰਾ ਸਿਰਸਾ ਗਿਆ ਸੀ, ਜਿਸ ਕਰਕੇ ਉਸ ਨੂੰ ਅਕਾਲ ਤਖ਼ਤ ਸਾਹਿਬ ਤੋਂ ਤਨਖਾਹ ਵੀ ਲਾਈ ਗਈ ਸੀ। ਉਨ੍ਹਾਂ ਆਖਿਆ ਕਿ ਇਹ ਹੋਰ ਵੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਨਰਲ ਇਜਲਾਸ ਦੌਰਾਨ ਲੌਂਗੋਵਾਲ ਦਾ ਨਾਂ ਪੇਸ਼ ਕਰਨ ਲਈ ਬੀਬੀ ਜਗੀਰ ਕੌਰ ਨੂੰ ਜ਼ਿੰਮੇਵਾਰੀ ਸੌਂਪੀ ਸੀ।

gobind singh longowal 2

ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਬਣਨ ‘ਤੇ ਲੱਡੂ ਖਿਲਾਉਂਦੇ ਹੋਏ ਦਲਜੀਤ ਸਿੰਘ ਚੀਮਾ

ਉਨ੍ਹਾਂ ਆਖਿਆ ਕਿ ਬੀਬੀ ਜਗੀਰ ਕੌਰ ਨੂੰ ਪਹਿਲਾਂ ਹੀ ਆਪਣੀ ਧੀ ਦੇ ਕਤਲ ਦੇ ਮਾਮਲੇ ਵਿੱਚ ਅਦਾਲਤ ਵਲੋਂ ਸਜ਼ਾ ਸੁਣਾਈ ਜਾ ਚੁੱਕੀ ਹੈ। ਅਜਿਹੇ ਵਿਵਾਦਤ ਲੋਕਾਂ ਕੋਲੋਂ ਨਾਂ ਤਜਵੀਜ਼ ਕਰਾਉਣਾ ਸਿੱਖ ਕੌਮ ਲਈ ਸ਼ਰਮ ਦੀ ਗੱਲ ਹੈ। ਉਨ੍ਹਾਂ ਆਖਿਆ ਕਿ ਸਿੱਖ ਕੋਆਰਡੀਨੇਸ਼ਨ ਕਮੇਟੀ ਭਾਵੇਂ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਾਨਤਾ ਨਹੀਂ ਦਿੰਦੀ ਪਰ ਉਸ ਵੱਲੋਂ ਕੁਝ ਸਮਾਂ ਪਹਿਲਾਂ ਹੀ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰਨਾਂ ਨੂੰ ਡੇਰਾ ਸਿਰਸਾ ਜਾਣ ਦੇ ਮਾਮਲੇ ਵਿਚ ਤਨਖਾਹ ਲਾਈ ਗਈ ਸੀ। ਸਿੱਖ ਵਿਰੋਧੀ ਡੇਰਾ ਸਿਰਸਾ ਕੋਲੋਂ ਸਿੱਖ ਆਗੂ ਵਲੋਂ ਵੋਟਾਂ ਮੰਗੇ ਜਾਣਾ ਵੀ ਵੱਡੀ ਗਲਤੀ ਹੈ। ਉਸ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣਾ ਹੀ ਪੰਥਕ ਰਵਾਇਤਾਂ ਦੀ ਉਲੰਘਣਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਹਿੰਦੂ ਵਾਦੀ ਜਮਾਤ ਆਰ.ਐਸ.ਐਸ. ਦੇ ਇਸ਼ਾਰੇ ’ਤੇ ਸਿੱਖ ਕੌਮ ਵਿਚ ਭੰਬਲਭੂਸਾ ਪੈਦਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਨਵੇਂ ਪ੍ਰਧਾਨ ਦੀ ਨਿਯੁਕਤੀ ਵੀ ਇਸੇ ਦਾ ਹਿੱਸਾ ਹੈ। ਮੀਟਿੰਗ ਵਿਚ ਕੇਵਲ ਸਿੰਘ ਸਿੱਧੂ, ਹਰਜਿੰਦਰ ਸਿੰਘ, ਵੀਰ ਸਿੰਘ ਮਾਂਗਟ, ਦਵਿੰਦਰ ਸਿੰਘ ਤੇ ਹੋਰ ਸ਼ਾਮਲ ਸਨ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹੋਰ ਕਈ ਪੰਥਕ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਰੋਧ ਕੀਤਾ ਗਿਆ ਹੈ।

ਸਬੰਧਤ ਖ਼ਬਰ:

“ਲੌਂਗੋਵਾਲ ਗਲਤੀ ਮੰਨ ਕੇ ਤਨਖਾਹ ਲਵਾ ਚੁੱਕਾ ਹੈ”: ਗਿਆਨੀ ਗੁਰਬਚਨ ਸਿੰਘ; “ਮੈਂ ਡੇਰੇ ਗਿਆ ਹੀ ਨਹੀਂ”: ਲੌਂਗੋਵਾਲ; ਦੋਵਾਂ ‘ਚੋਂ ਸਹੀ ਕੌਣ? …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,