ਨਵੀਂ ਦਿੱਲੀ: ਭਾਰਤ ਦੀ ਰਾਜਧਾਨੀ ਦਿੱਲੀ ਵਿਚ ਨਵੰਬਰ 1984 ‘ਚ ਹੋਏ ਸਿੱਖ ਕਤਲੇਆਮ ਦੇ ਇਕ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 91 ਸਾਲਾ ਦੋਸ਼ੀ ਕੈਪਟਨ ਭਾਗਮੱਲ ਨੂੰ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।
ਬੀਤੇ ਕਲ੍ਹ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਗੀਤਾ ਮਿੱਤਲ ਤੇ ਜੱਜ ਅਨੂ ਮਲਹੋਤਰਾ ਦੇ ਬੈਂਚ ਸਾਹਮਣੇ ਹੋਈ ਸੁਣਵਾਈ ਤੋਂ ਬਾਅਦ ਜੱਜਾਂ ਨੇ ਜ਼ਮਾਨਤ ਅਰਜ਼ੀ ਨੂੰ ਪ੍ਰਵਾਨ ਕਰਦਿਆਂ ਸਿੱਖ ਕਤਲੇਆਮ ਦੇ ਦੋਸ਼ੀ ਕੈਪਟਨ ਭਾਗਮੱਲ ਨੂੰ 6 ਹਫਤੇ ਦੀ ਜ਼ਮਾਨਤ ਦੇ ਦਿੱਤੀ।
ਜੱਜਾਂ ਦੇ ਮੇਜ ਨੇ ਕਿਹਾ, ‘‘ਮੁਦਈ ਦੀ ਉਮਰ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਅਸੀਂ ਉਸ ਨੂੰ ਛੇ ਹਫ਼ਤਿਆਂ ਲਈ ਜ਼ਮਾਨਤ ਦਿੰਦੇ ਹਾਂ।’’ ਭਾਗਮੱਲ ਨੇ ਸਿਹਤ ਦੇ ਆਧਾਰ ਉਤੇ ਜ਼ਮਾਨਤ ਮੰਗੀ ਸੀ।
ਸੁਣਵਾਈ ਦੌਰਾਨ ਸਿੱਖ ਕਤਲੇਆਮ ਦੇ ਪੀੜਤਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਮਾਮਲੇ ਦੀ ਛੇਤੀ ਸੁਣਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਭਿਆਨਕ ਘਟਨਾ ਨੂੰ 34 ਸਾਲ ਬੀਤ ਚੁੱਕੇ ਹਨ ਪਰ ਹਾਲੇ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਉਹ ਮਾਮਲੇ ਦੀ ਰੋਜ਼ਾਨਾ ਆਧਾਰ ਉਤੇ ਸੁਣਵਾਈ ਲਈ ਅਰਜ਼ੀ ਦਾਖ਼ਲ ਕਰਨਗੇ। ਅਗਲੀ ਸੁਣਵਾਈ 3 ਅਗਸਤ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਇਹ ਕੇਸ ਦਿੱਲੀ ਛਾਉਣੀ ਦੇ ਰਾਜ ਨਗਰ ਇਲਾਕੇ ਵਿੱਚ ਪਹਿਲੀ ਨਵੰਬਰ, 1984 ਨੂੰ ਇਕ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਨਾਲ ਸਬੰਧਤ ਹੈ, ਜਿਸ ਲਈ ਭਾਗਮੱਲ, ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ, ਗਿਰਧਾਰੀ ਲਾਲ ਤੇ ਦੋ ਹੋਰਨਾਂ ਨੂੰ ਦੋਸ਼ੀ ਐਲਾਨਿਆ ਗਿਆ ਸੀ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਸੀ।
ਇਸ ਫੈਂਸਲੇ ਦੇ ਖਿਲਾਫ ਦੋਸ਼ੀਆਂ ਵਲੋਂ ਹਾਈ ਕੋਰਟ ਵਿਚ ਅਪੀਲ ਪਾਈ ਗਈ ਸੀ ਜਦਕਿ ਸੀਬੀਆਈ ਵਲੋਂ ਸੱਜਣ ਕੁਮਾਰ ਨੂੰ ਬਰੀ ਕਰਨ ਖਿਲਾਫ ਅਪੀਲ ਪਾਈ ਗਈ।